ਮੀਨਾਕਸ਼ੀ ਲੇਖੀ ਨੇ ਭਾਜਪਾ ਉਮੀਦਵਾਰ ਲੱਧੜ 'ਤੇ ਹੋਏ ਹਮਲੇ ਦੀ ਕੀਤੀ ਸਖਤ ਨਿਖੇਧੀI
ਲੁਧਿਆਣਾ-14-ਫਰਵਰੀ (ਹਰਜੀਤ ਸਿੰਘ ਖਾਲਸਾ), ਕੇਂਦਰੀ ਵਿਦੇਸ਼ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਰਾਜ ਮੰਤਰੀ ਅਤੇ ਭਾਜਪਾ ਦੀ ਸੀਨੀਅਰ ਆਗੂ ਮੀਨਾਕਸ਼ੀ ਲੇਖੀ ਨੇ ਗਿੱਲ ਵਿਧਾਨ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਐਸ.ਆਰ ਲੱਧੜ ’ਤੇ ਹੋਏ ਕਾਤਲਾਨਾ ਹਮਲੇ ਦੀ ਨਿਖੇਧੀ ਕੀਤੀ ਹੈ। ਮੀਨਾਕਸ਼ੀ ਲੇਖੀ ਨੇ ਦੋਸ਼ ਲਾਇਆ ਕਿ ਅਜਿਹਾ ਸਪੱਸ਼ਟ ਤੌਰ ’ਤੇ ਉਨ੍ਹਾਂ ਲੋਕਾਂ ਦੇ ਇਸ਼ਾਰੇ ’ਤੇ ਕੀਤਾ ਗਿਆ ਹੈ ਜੋ ਪੰਜਾਬ ਵਿੱਚ ਭਾਜਪਾ ਦੀ ਵਧਦੀ ਲੋਕਪ੍ਰਿਅਤਾ ਤੋਂ ਡਰੇ ਹੋਏ ਸਨ। ਉਨ੍ਹਾਂ ਸਥਾਨਕ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਚੋਣਾਂ ਨਿਰਪੱਖ ਢੰਗ ਨਾਲ ਅਤੇ ਬਿਨਾਂ ਕਿਸੇ ਹਿੰਸਾ ਦੇ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਲੱਧੜ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਾਰਟੀ ਦਾ ਹਰ ਵਰਕਰ ਤੇ ਅਹੁਦੇਦਾਰ ਉਨ੍ਹਾਂ ਦੇ ਨਾਲ ਹੈ ਉਨ੍ਹਾਂ ਨੇ ਲੱਧੜ ਦੇ ਹੌਂਸਲੇ ਦੀ ਤਾਰੀਫ਼ ਕੀਤੀ, ਜੋ ਉਨ੍ਹਾਂ ਤੋਂ ਕਈ ਗੁਣਾ ਜ਼ਿਆਦਾ ਹਮਲਾਵਰ ਹੋਣ ਦੇ ਬਾਵਜੂਦ ਡਰੇ ਨਹੀਂ। ਉਨ੍ਹਾਂ ਉਮੀਦ ਪ੍ਰਗਟਾਈ ਕਿ ਭਾਰਤ ਦਾ ਚੋਣ ਕਮਿਸ਼ਨ ਇਸ ਘਟਨਾ ਦਾ ਸਖ਼ਤ ਨੋਟਿਸ ਲਵੇਗਾ ਅਤੇ ਹਿੰਸਾ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਵਿਰੋਧੀਆਂ ਵੱਲੋਂ ਹਿੰਸਾ ਦੀਆਂ ਘਟਨਾਵਾਂ ਉਨ੍ਹਾਂ ਲੋਕਾਂ ਵਿੱਚ ਨਿਰਾਸ਼ਾ ਨੂੰ ਦਰਸਾਉਂਦੀਆਂ ਹਨ ਜੋ ਪਾਰਟੀ ਨਾਲ ਚੋਣ ਨਹੀਂ ਲੜ ਸਕਦੇ ਸਨ। ਲੇਖੀ ਨੇ ਸਖ਼ਤ ਸ਼ਬਦਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜੇਕਰ ਸਾਡੇ ਵਿਰੋਧੀ ਸੋਚਦੇ ਹਨ ਕਿ ਉਹ ਸਾਡੇ ਉਮੀਦਵਾਰਾਂ, ਵੋਟਰਾਂ ਅਤੇ ਸਮਰਥਕਾਂ ਨੂੰ ਡਰਾ ਧਮਕਾ ਸਕਦੇ ਹਨ ਤਾਂ ਇਹ ਉਨ੍ਹਾਂ ਦੀ ਵੱਡੀ ਭੁੱਲ ਹੈ, ਕਿਉਂਕਿ ਅਜਿਹੀਆਂ ਘਟਨਾਵਾਂ ਸਾਡੇ ਅੰਦਰ ਇਨ੍ਹਾਂ ਤਾਕਤਾਂ ਨਾਲ ਲੜਨ ਦਾ ਹੌਂਸਲਾ ਹੋਰ ਵਧਾਉਂਦੀਆਂ ਹਨ।

No comments
Post a Comment